Amrit vele da Hukamnama Sachkhand Shri Darbar Sahib Shri Amritsar Sahib 20-07-2023
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥
Comments
Post a Comment